ਸਰਵ ਸਿੱਖਿਆ ਅਭਿਆਨ ਦੇ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ: ਬਾਦਲ

Post Visitors : 1092

June 13, 2013 | NEWS | Post by: admin

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖਿਆ ਵਿਭਾਗ ਨੂੰ ਕਿਹਾ ਹੈ ਕਿ ਸਕੂਲੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਵ ਸਿੱਖਿਆ ਅਭਿਆਨ ਤਹਿਤ ਰਾਜ ਲਈ ਰੱਖੇ ਗਏ 776 ਕਰੋੜ ਰੁਪਏ ਦੇ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਸਿੱਖਿਆ ਵਿਭਾਗ ਦੀ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਾਦਲ ਨੇ ਸਪਸ਼ਟ ਕਿਹਾ ਕਿ ਸਰਕਾਰੀ ਸਕੂਲਾਂ ਖਾਸ ਕਰਕੇ ਪੇਂਡੂ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇ ਤਾਂ ਜੋ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਇਹ ਵੀ ਕਿਹਾ ਹੈ ਕਿ ਇੱਕ ਮਹੀਨੇ ਅੰਦਰ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਲੋੜੀਂਦੇ ਬੁਨਿਆਦੀ ਢਾਂਚੇ ਬਾਰੇ ਵੇਰਵੇ ਤਿਆਰ ਕੀਤੇ ਜਾਣ ਤਾਂ ਜੋ ਇਨ੍ਹਾਂ ਸਕੂਲਾਂ ਦੇ ਵਿਕਾਸ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਇੱਕ ਅਜਿਹੀ ਵਿਵਸਥਾ ਵੀ ਤਿਆਰ ਕੀਤੀ ਜਾਵੇ ਜਿਸ ਤਹਿਤ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਹੁੰਦੇ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਪ੍ਰਿੰਸੀਪਲਾਂ ਅਤੇ ਅਧਿਆਪਨ ਅਮਲੇ ਦੀ ਨਿਰਧਾਰਤ ਕਰਦਿਆਂ ਉਨ੍ਹਾਂ ਨੂੰ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੀ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਸਕੂਲਾਂ ਦੇ ਬੱਚੇ ਨਿੱਜੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦਾ ਮੁਕਾਬਲਾ ਕਰ ਸਕਣ। ਉਨ੍ਹਾਂ ਵਿਭਾਗ ਨੂੰ ਇਹ ਵੀ ਕਿਹਾ ਕਿ ਸਕੂਲਾਂ ਅੰਦਰ ਨਿਰਮਾਣ ਕਾਰਜਾਂ ਸਮੇਤ ਖਾਲੀ ਜਗ੍ਹਾ ਦੀ ਸੁਚੱਜੀ ਵਰਤੋਂ ਕਰਦਿਆਂ ਖੁਲ੍ਹੇ ਅਤੇ ਹਵਾਦਾਰ ਕਮਰੇ ਬਣਾਏ ਜਾਣੇ ਚਾਹੀਦੇ ਹਨ। ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਮੁੱਖ ਮੰਤਰੀ ਨੂੰ ਭਰੋਸਾ ਦਵਾਇਆ ਕਿ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪਾਰਦਰਸ਼ਤਾ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਜ਼ਿੰਮੇਵਾਰੀ ਆਇਦ ਕਰਦੀ ਵਿਵਸਥਾ ਆਉਣ ਵਾਲੇ ਕੁੱਝ ਸਮੇਂ ਅੰਦਰ ਲਾਗੂ ਕਰ ਦਿੱਤੀ ਜਾਵੇਗੀ।
ਸਰਵ ਸਿੱਖਿਆ ਅਭਿਆਨ ਫੰਡਾਂ ਦੀ ਪਹਿਲ ਦੇ ਅਧਾਰ ’ਤੇ ਵੰਡ ਦਾ ਵੇਰਵਾ ਦਿੰਦਿਆਂ ਡੀ.ਜੀ.ਐਸ.ਈ. ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੀ ਰਾਜ ਭਰ ਵਿਚ 15 ਨਵੇਂ ਪ੍ਰਾਇਮਰੀ ਸਕੂਲਾਂ ਅਤੇ 23 ਮਿਡਲ ਸਕੂਲਾਂ ਨੂੰ ਖੋਲ੍ਹਣ ਤੋਂ ਇਲਾਵਾ 5 ਰਿਹਾਇਸ਼ੀ ਹੋਸਟਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਨ੍ਹਾਂ ਫੰਡਾਂ ’ਚੋਂ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਪ੍ਰਦਾਨ ਕਰਨ ਤੋਂ ਇਲਾਵਾ ਅਧਿਆਪਕਾਂ ਨੂੰ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਵਿਕਸਤ ਕਰਨ ਲਈ ਲੋੜੀਂਦੀ ਸਿਖਲਾਈ ਪ੍ਰਦਾਨ ਕਰਨ ਹਿੱਤ ਵੀ ਕੀਤੀ ਜਾਵੇਗੀ।

facebooktwittergoogle_plusredditlinkedinmailby featherLeave a Reply